ਪੁਲਿਸ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਖਰਚੇ ਜਾਣਗੇ 426 ਕਰੋੜ ਰੁਪਏ: ਡੀਜੀਪੀ ਗੌਰਵ ਯਾਦਵ

— ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਸੂਬੇ ’ਚ ਵਧਾਈ ਸੁਰੱਖਿਆ
— ਡੀਜੀਪੀ ਗੌਰਵ ਯਾਦਵ ਨੇ ਬਠਿੰਡਾ ਵਿੱਚ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ
ਬਠਿੰਡਾ, 24 ਜਨਵਰੀ 2025 – ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲਿਸ ਇਮਾਰਤਾਂ, ਖਾਸ ਕਰਕੇ ਪੁਲਿਸ ਥਾਣਿਆਂ ਅਤੇ ਪੁਲਿਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ਲਈ 426 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਸਹਿਮਤੀ ਮਿਲ ਜਾਣ ਨਾਲ ਪੰਜਾਬ ਪੁਲਿਸ ਨੂੰ ਆਪਣਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੱਡਾ ਹੁਲਾਰਾ ਮਿਲਿਆ ਹੈ। ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।
ਉਨ੍ਹਾਂ ਕਿਹਾ ,‘‘ 426 ਕਰੋੜ ਰੁਪਏ ਦੇ ਫੰਡ ਦੀ ਵਰਤੋਂ ਸੂਬੇ ਭਰ ਵਿੱਚ ਪੁਲਿਸ ਇਮਾਰਤਾਂ, ਖਾਸ ਕਰਕੇ ਪੁਲਿਸ ਥਾਣਿਆਂ ਅਤੇ ਪੁਲਿਸ ਲਾਈਨਾਂ ਅਤੇ ਹੋਰ ਪੁਲਿਸ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਕੀਤੀ ਜਾਵੇਗੀ।’’ ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਪੁਲਿਸ ਫੋਰਸ ਦੀ ਕਾਰਜ – ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਵਿੱਚ ਵਾਧਾ ਹੋਵੇਗਾ।
ਗੌਰਤਲਬ ਹੈ ਕਿ ਡੀਜੀਪੀ ਪੰਜਾਬ, ਗਣਤੰਤਰ ਦਿਵਸ ਦੇ ਮੱਦੇਨਜ਼ਰ ਬਠਿੰਡਾ ਵਿਖੇ ਕਾਨੂੰਨ ਵਿਵਸਥਾ ਦੀ ਸਮੀਖਿਆ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਹਿੱਤ ਮੀਟਿੰਗਾਂ ਕਰਨ ਲਈ ਇੱਕ ਤੂਫਾਨੀ ਦੌਰੇ ’ਤੇ ਸਨ। ਆਪਣੇ ਇਸ ਦੌਰੇ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਬਠਿੰਡਾ ਵਿਖੇ ਕਾਨਫਰੰਸ ਹਾਲ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਆਗਾਮੀ ਗਣਤੰਤਰ ਦਿਵਸ-2025 ਦੇ ਸੁਰੱਖਿਅਤ ਅਤੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੁਰੱਖਿਆ ਵਿੱਚ ਸਖ਼ਤੀ ਵਧਾਉਣ, ਗਸ਼ਤ ਤੇਜ਼ੀ ਲਿਆਉਣ ਅਤੇ ਰਾਤ ਸਮੇਂ ਨਾਈਟ ਡੌਮਸੀਨੇਸ਼ਨ ਆਪ੍ਰੇਸ਼ਨਾਂ ਨੂੰ ਹੋਰ ਮੁਸਤੈਦੀ ਨਾਲ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦੇ ਹੋਏ, ਡੀਜੀਪੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸੁਰੱਖਿਆ ਅਲਰਟ ਅਤੇ ਵੇਰਵੇ ਸਾਂਝੇ ਕੀਤੇ।
ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਜਨਤਕ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੰਵੇਦਨਸ਼ੀਲ ਖੇਤਰਾਂ ’ਚ ਨਿਗਰਾਨੀ ਅਤੇ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਦੀ ਗਿਣਤੀ ਵਧਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ…ਭਾਰਤ ਦਾ ਦਿਲਚਸਪ ਪਿੰਡ ! ਜਿੱਥੇ ਲੋਕ ਇੱਕ ਦੇਸ਼ ‘ਚ ਖਾਣਾ ਖਾਂਦੇ ਹਨ ਅਤੇ ਦੂਜੇ ‘ਚ ਸੌਂਦੇ ਹਨ
ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ ਅਤੇ ਏਆਈਜੀ ਸੀਆਈਡੀ ਅਵਨੀਤ ਕੌਰ ਸਿੱਧੂ ਵੱਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
0kzpjj