ਬਿਕਰਮ ਮਜੀਠੀਆ ਦਾ ਸਾਲਾ ਗਰੇਵਾਲ ਵਿਜੀਲੈਂਸ ਜਾਂਚ ‘ਚ ਨਹੀਂ ਹੋਇਆ ਸ਼ਾਮਲ, ਬਿਨਾਂ ਕੋਈ ਕਾਰਨ ਦੱਸੇ ਰਹੇ ਗ਼ੈਰ-ਹਾਜ਼ਰ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਦਾ ਸਾਲਾ ਗਜਪਤ ਸਿੰਘ ਗਰੇਵਾਲ ਮੰਗਲਵਾਰ ਨੂੰ ਵੀ ਵਿਜੀਲੈਂਸ ਬਿਊਰੋ ਦੀ ਜਾਂਚ ਵਿਚ ਸ਼ਾਮਲ ਨਹੀਂ ਹੋਇਆ। ਵਿਜੀਲੈਂਸ ਨੇ ਉਨ੍ਹਾਂ ਨੂੰ ਲਗਾਤਾਰ ਦੂਜੇ ਦਿਨ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ।
ਵਿਜੀਲੈਂਸ ਨੇ ਗਜਪਤ ਸਿੰਘ ਗਰੇਵਾਲ ਨੂੰ ਬੀਐੱਨਐੱਸ ਦੀ ਧਾਰਾ 179 ਤਹਿਤ ਨੋਟਿਸ ਭੇਜ ਕੇ ਮੰਗਲਵਾਰ ਸਵੇਰੇ 11 ਵਜੇ ਮੁਹਾਲੀ ਦੇ ਸੈਕਟਰ-68 ਸਥਿਤ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਸੀ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਉਨ੍ਹਾਂ ਨੂੰ ਜਾਂਚ ਲਈ ਬੁਲਾਇਆ ਗਿਆ ਸੀ, ਪਰ ਉਹ ਬਿਨਾਂ ਕੋਈ ਕਾਰਨ ਦੱਸੇ ਗ਼ੈਰ-ਹਾਜ਼ਰ ਰਹੇ।
ਵਿਜੀਲੈਂਸ ਨੇ ਉਨ੍ਹਾਂ ਦੀ ਗ਼ੈਰ-ਹਾਜ਼ਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਅਗਲੀ ਕਾਰਵਾਈ ਬਾਰੇ ਵਿਚਾਰ-ਵਟਾਂਦਰਾ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ, ਬਿਕਰਮ ਸਿੰਘ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿਚ ਬੰਦ ਹਨ, ਜਿੱਥੇ ਉਹ ਆਮ ਕੈਦੀਆਂ ਨਾਲ ਬੈਰਕ ਵਿਚ ਰਹਿ ਰਹੇ ਹਨ। ਪਿਛਲੇ ਹਫ਼ਤੇ ਸਥਾਨਕ ਅਦਾਲਤ ਨੇ ਉਨ੍ਹਾਂ ਨੂੰ ਵੱਖਰੀ ਬੈਰਕ ਦੀ ਮੰਗ ਵਾਲੀ ਅਰਜ਼ੀ ਖਾਰਜ ਕਰ ਦਿੱਤੀ ਸੀ।
ਹਾਲਾਂਕਿ, ਅਦਾਲਤ ਨੇ ਉਨ੍ਹਾਂ ਨੂੰ ਹਫ਼ਤੇ ਵਿਚ ਦੋ ਵਾਰ ਇਕ ਵੱਖਰੇ ਕਮਰੇ ਵਿਚ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮਿਲਣ ਦੀ ਆਗਿਆ ਦੇ ਦਿੱਤੀ ਹੈ, ਜੋ ਉਨ੍ਹਾਂ ਲਈ ਅੰਸ਼ਕ ਰਾਹਤ ਹੈ। ਮਜੀਠੀਆ ਦੀ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਅਰਜ਼ੀ ਵੀ ਪਹਿਲਾਂ ਹੀ ਰੱਦ ਹੋ ਚੁੱਕੀ ਹੈ।