ਕਿਸਾਨਾਂ ਦਾ ਮੁੜ ਦਿੱਲੀ ਕੂਚ ਦਾ ਐਲਾਨ, 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਹੀ ਹੋਣਗੇ ਰਵਾਨਾ

ਚੰਡੀਗੜ੍ਹ, 18 ਨਵੰਬਰ 2024 – ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਉਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ’ਚ ਪਿਛਲੇ ਨੌਂ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਨੇ ਅੰਦੋਲਨ ਨੂੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।
ਚੰਡੀਗੜ੍ਹ ‘ਚ ਸੋਮਵਾਰ ਨੂੰ ਹੋਈ ਕਿਸਾਨ ਆਗੂਆਂ ਦੀ ਮੀਟਿੰਗ ‘ਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਕਿਸਾਨ ਦਿੱਲੀ ਨੂੰ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ ਤੋਂ ਹੀ ਦਿੱਲੀ ਵੱਲ ਚਾਲੇ ਪਾਉਣਗੇ। ਉਨ੍ਹਾਂ ਕਿਹਾ ਕਿ ਨੌਂ ਮਹੀਨਿਆਂ ਤੋਂ ਉਹ ਚੁੱਪ ਬੈਠੇ ਹਨ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਅਣਗੌਲਿਆ ਜਾ ਰਿਹਾ ਹੈ ਜਿਸ ਕਾਰਨ ਉਹ ਇਹ ਫੈਸਲਾ ਲੈਣ ਲਈ ਮਜਬੂਰ ਹੋਏ ਹਨ। ਕਿਹਾ ਕਿ ਉਨ੍ਹਾਂ ਦੇ ਨਾਲ ਕੋਈ ਟ੍ਰੈਕਟਰ-ਟਰਾਲੀ ਨਹੀਂ ਹੋਵੇਗੀ ਤੇ ਜਥਿਆਂ ਦੇ ਰੂਪ ‘ਚ ਜਾਣਗੇ। ਪੰਧੇਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਜਗ੍ਹਾ ਵੀ ਮੁਹੱਈਆ ਕਰਵਾਈ ਜਾਵੇਗੀ।
ਦੱਸ ਦਈਏ ਕਿ ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਵਿੱਚ ਅੰਦੋਲਨ ਖਤਮ ਕਰਨ ਸਮੇਂ ਕਿਸਾਨਾਂ ਦੀਆਂ ਮੰਗਾਂ ਨੂੰ ਲਿਖਤੀ ਤੌਰ ’ਤੇ ਮੰਨਿਆ ਸੀ, ਪਰ ਹਾਲੇ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਕਿਸਾਨਾਂ ਨੂੰ ਲੋੜੀਂਦਾ ਡੀਏਪੀ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹਿ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਣਦੇਖੀ ਵਿਰੁੱਧ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।
ਹੁਣ ਕਿਸਾਨ ਆਗੂਆਂ ਨੇ ਆਖਿਆ ਹੈ ਕਿ ਜਿਸ ਦਿਨ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠਾਂਗੇ, ਉਸ ਦਿਨ ਤੋਂ ਅਸੀਂ ਸਰਕਾਰ ਨੂੰ 10 ਦਿਨ ਦਾ ਸਮਾਂ ਦੇਵਾਂਗੇ। ਜੇਕਰ ਕੋਈ ਹੱਲ ਲੱਭਿਆ ਤਾਂ ਠੀਕ ਹੈ, ਨਹੀਂ ਤਾਂ 6 ਦਸੰਬਰ ਨੂੰ ਦਿੱਲੀ ਕੂਚ ਕੀਤਾ ਜਾਵੇਗਾ।