ਸੀਨੀਅਰ ਆਗੂ ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਚੰਡੀਗੜ, 20 ਨਵੰਬਰ 2024 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਵਲੋਂ ਅੱਜ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਅਨਿਲ ਜੋਸ਼ੀ ਨੇ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ ਅਤੇ ਬੇਨਤੀ ਕੀਤੀ ਹੈ ਕਿ ਅਸਤੀਫਾ ਤੁਰੰਤ ਸਵੀਕਾਰ ਕੀਤਾ ਜਾਵੇ।
ਉਹ 2022 ਵਿਚ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਅਸਤੀਫ਼ੇ ਕਾਰਨ ਕਈ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਸੀ। ਅਨਿਲ ਜੋਸ਼ੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੇ ਸਮੂਹ ਅਹੁਦਿਆਂ ਤੋਂ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਇਹ ਫ਼ੈਸਲਾ ਲੰਘੇ ਦਿਨੀਂ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੇ ਰੋਸ ਵਜੋਂ ਲਿਆ। ਐੱਨਕੇ ਸ਼ਰਮਾ, ਸੁਖਬੀਰ ਬਾਦਲ ਦੇ ਕਾਫ਼ੀ ਨੇੜਲਿਆਂ ’ਚੋਂ ਹਨ।
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਫੱਤਣਵਾਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਫੱਤਣਵਾਲਾ ਨੇ ਕਿਹਾ ਕਿ ਜੇ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਹੀਂ ਤਾਂ ਉਹ ਵੀ ਪਾਰਟੀ ’ਚ ਨਹੀਂ ਰਹਿਣਾ ਚਾਹੁੰਦੇ। ਇਸੇ ਤਰ੍ਹਾਂ ਦਲ ਦੇ ਯੂਥ ਵਿੰਗ ਦੇ ਆਗੂ ਜੈ ਰਾਜ ਸਿੰਘ ਬਰਾੜ ਫੱਤਣਵਾਲਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।