ਬਠਿੰਡਾ : DC ਅਤੇ SSP ਨੇ ਸਿਵਲ ਹਸਪਤਾਲ ਪਹੁੰਚ ਕੇ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਜਾਣਿਆ ਹਾਲ
ਬਠਿੰਡਾ 23 ਨਵੰਬਰ 2024 – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਭਾਰਤ ਮਾਲਾ ਪ੍ਰੋਜੈਕਟ ਸੰਬੰਧੀ ਜ਼ਮੀਨ ਐਕਵੇਅਰ ਕਰਨ ਦੇ ਮੱਦੇਨਜਰ ਜ਼ਿਲ੍ਹੇ ਦੇ ਪਿੰਡ ਦੁਨੇਵਾਲ ਵਿਖੇ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਮੌਕੇ ਜਖਮੀ ਹੋਏ ਪੁਲਿਸ ਕਰਮਚਾਰੀਆਂ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਉਹਨਾਂ ਦਾ ਹਾਲ-ਚਾਲ ਜਾਣਿਆ ਅਤੇ ਉਨਾਂ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਵੀ ਕੀਤੀ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਭਾਰਤ ਮਾਲਾ ਸੜਕ ਦਾ ਕੁੱਲ ਏਰੀਆ 62.7 ਕਿਲੋਮੀਟਰ ਆਉਂਦਾ ਹੈ। ਜਿਸ ਸਬੰਧੀ ਕਿਸਾਨਾਂ ਦੀ 731 ਕਰੋੜ ਰੁਪਏ ਦੀ ਅਦਾਇਗੀ ਬਣਦੀ ਹੈ। ਜਿਸ ਵਿੱਚੋਂ 693 ਕਰੋੜ ਰੁਪਏ ਸਬੰਧਤ ਕਿਸਾਨਾਂ ਦੇ ਖਾਤੇ ਵਿੱਚ ਪਾਏ ਜਾ ਚੁੱਕੇ ਹਨ ਅਤੇ ਬਾਕੀ ਦੀ ਅਦਾਇਗੀ ਵੀ ਕਿਸਾਨਾਂ ਦੇ ਆਪਣੇ ਕਿਸੇ ਕਾਰਨ ਕਰਕੇ ਨਹੀਂ ਪੈ ਰਹੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁੱਝ ਸ਼ਰਾਰਤੀ ਅਨਸਰ ਹਨ ਜਿਨ੍ਹਾਂ ਦਾ ਕਿਸਾਨੀ ਨਾਲ ਕਿਸੇ ਕਿਸਮ ਦਾ ਵਾਹ ਵਾਸਤਾ ਨਹੀਂ ਹੈ ਉਹ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਨੂੰ ਇਸ ਤਰ੍ਹਾਂ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਹੈ ਤਾਂ ਉਹ ਮੇਰੇ ਨਾਲ ਦਫਤਰ ਵਿਖੇ ਆ ਕੇ ਰਾਬਤਾ ਕਰਕੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਉਸ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
ਇਸ ਮੌਕੇ ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਖਮੀ ਪੁਲਿਸ ਮੁਲਾਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।