ਬਠਿੰਡਾ ਬੱਸ ਹਾਦਸੇ ਵਿਚ ਹੁਣ ਤੱਕ ਅੱਠ ਮੌਤਾਂ, ਕੇਂਦਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ
ਬਠਿੰਡਾ, 28 ਦਸੰਬਰ 2024 – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇੱਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪਾਰਟੀਆਂ ਮੌਕੇ ‘ਤੇ ਹੀ ਤੁਰੰਤ ਘਟਨਾ ਵਾਲੇ ਸਥਾਨ ‘ਤੇ ਪਹੁੰਚੀਆਂ ਅਤੇ ਐਨਡੀਆਰਐਫ ਅਤੇ ਲੋਕਲ ਵਲੰਟੀਅਰਾਂ ਦੇ ਸਹਿਯੋਗ ਨਾਲ ਹਾਦਸਾ ਗ੍ਰਸਤ ਬੱਸ ‘ਚੋਂ ਮੁਸਾਫਰਾਂ ਨੂੰ ਬਚਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 46 ਮੁਸਾਫ਼ਿਰ ਇਸ ਹਾਦਸੇ ਦੀ ਲਪੇਟ ਵਿੱਚ ਆਏ ਹਨ, ਜਿਨਾਂ ਵਿੱਚੋਂ ਅੱਠ ਵਿਅਕਤੀਆਂ ਨੂੰ ਮ੍ਰਿਤਕ ਐਲਾਨਿਆ ਗਿਆ ਜਦ ਕਿ ਬਾਕੀਆਂ ਨੂੰ ਤਲਵੰਡੀ ਸਾਬੋ ਅਤੇ ਜਿਲ੍ਹਾ ਹਸਪਤਾਲ ਬਠਿੰਡਾ ਵਿਖੇ ਜੇਰੇ ਇਲਾਜ ਲਈ ਭੇਜਿਆ ਗਿਆ।
ਬਠਿੰਡਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (ਟਵਿੱਟਰ) ਜ਼ਰੀਏ ਕਿਹਾ ਕਿ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁੱਖ਼ਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ-ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਘੰਬੀਰ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
One thought on “ਬਠਿੰਡਾ ਬੱਸ ਹਾਦਸੇ ਵਿਚ ਹੁਣ ਤੱਕ ਅੱਠ ਮੌਤਾਂ, ਕੇਂਦਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ”