ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

ਅੰਮ੍ਰਿਤਸਰ, 5 ਜੁਲਾਈ 2025 – ਤਖਤ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ।
ਸੁਖਬੀਰ ਬਾਦਲ ਨੂੰ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਉਨ੍ਹਾਂ ਖਿਲਾਫ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਲਈ ਤਿੰਨ ਵਾਰ ਪੇਸ਼ ਹੋਣ ਦਾ ਮੌਕਾ ਦਿੱਤਾ ਗਿਆ ਸੀ, ਪਰ ਉਹ ਤਖ਼ਤ ਸਾਹਮਣੇ ਪੇਸ਼ ਨਹੀਂ ਹੋਏ। ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਅੱਜ ਹੋਈ ਮੀਟਿੰਗ ਵਿੱਚ ਤਖਤ ਦੇ ਜਥੇਦਾਰ ਅਤੇ ਹੈਡ ਗ੍ਰੰਥੀ ਭਾਈ ਬਲਦੇਵ ਸਿੰਘ, ਵਧੀਕ ਹੈਡ ਗ੍ਰੰਥੀ ਭਾਈ ਗਿਆਨੀ ਦਲੀਪ ਸਿੰਘ ਤੇ ਭਾਈ ਗੁਰਦਿਆਲ ਸਿੰਘ, ਸੀਨੀਅਰ ਮੀਤ ਗ੍ਰੰਥੀ ਭਾਈ ਪਰਸ਼ੂਰਾਮ ਸਿੰਘ ਅਤੇ ਮੀਤ ਗ੍ਰੰਥੀ ਭਾਈ ਅਮਰਜੀਤ ਸਿੰਘ ਸ਼ਾਮਲ ਸਨ।
ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਪੰਜ ਪਿਆਰਿਆਂ ਨੇ ਦੱਸਿਆ ਕਿ 21 ਮਈ ਨੂੰ ਸ੍ਰੀ ਅਕਾਲ ਤਖਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਕੀਤੇ ਗਏ ਇੱਕ ਫੈਸਲੇ ਤਹਿਤ ਤਖਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ, ਸੰਵਿਧਾਨ ਅਤੇ ਉਪ ਨਿਯਮਾਂ ਨੂੰ ਚੁਣੌਤੀ ਦਿੱਤੀ ਗਈ ਸੀ।
ਇਹ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਅਧਿਕਾਰ ਅਤੇ ਸ਼ਕਤੀਆਂ ਵਿੱਚ ਦਖਲਅੰਦਾਜ਼ੀ ਸੀ। ਉਨ੍ਹਾਂ ਆਖਿਆ ਕਿ ਇਹ ਫੈਸਲਾ ਸਿਆਸੀ ਹਿੱਤਾਂ ਨਾਲ ਪ੍ਰੇਰਿਤ ਸੀ ਅਤੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਸਮੁੱਚੇ ਘਟਨਾਕ੍ਰਮ ਪਿੱਛੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਜ਼ਿਸ਼-ਘਾੜੇ ਵਜੋਂ ਸ਼ਾਮਲ ਹਨ। ਇਸ ਸਬੰਧੀ ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਵਾਸਤੇ ਸੱਦਿਆ ਗਿਆ ਸੀ। ਉਨ੍ਹਾਂ ਨੂੰ ਦੋ ਵਾਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਮੌਕਾ ਦਿੱਤਾ ਗਿਆ ਪਰ ਉਹ ਪੇਸ਼ ਨਹੀਂ ਹੋਏ। ਉਨ੍ਹਾਂ ਆਖਿਆ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਸੁਖਬੀਰ ਸਿੰਘ ਬਾਦਲ ਵਾਪਰੇ ਸਮੁੱਚੇ ਘਟਨਾਕ੍ਰਮ ਦੇ ਵਿਚ ਸ਼ਾਮਲ ਸਨ। ਉਨ੍ਹਾਂ ਆਖਿਆ ਕਿ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਗਏ ਆਦੇਸ਼ ਦੀ ਅਣਦੇਖੀ ਕਰਨ ਦਾ ਦੋਸ਼ੀ ਮੰਨਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।