CM ਮਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ, 8 ਵਾਰ ਮਿਲ ਚੁੱਕੀ ਹੈ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਸੁਰੱਖਿਆ

ਅੰੰਮ੍ਰਿਤਸਰ, 22 ਜੁਲਾਈ 2025 – ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਕ ਪਾਸੇ ਜਿੱਥੇ ਦਰਬਾਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਉਥੇ ਮੁੱਖ ਮੰਤਰੀ ਜੋ ਗ੍ਰਹਿ ਵਿਭਾਗ ਵੀ ਸੰਭਾਲ ਰਹੇ ਹਨ, ਨੇ ਸੁਰੱਖਿਆ ਪ੍ਰਬੰਧਾਂ ਦੇ ਜਾਇਜ਼ਾ ਲੈਣ ਆਏ ਹਨ। ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸ਼੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੀ ਜਾਂਚ ਜਾਰੀ ਹੈ, ਹਾਲਾਂਕਿ ਮੁੱਖ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਅੱਠ ਵਾਰ ਮਿਲੀਆਂ ਧਮਕੀਆਂ
ਸ੍ਰੀ ਹਰਿਮੰਦਰ ਸਾਹਿਬ ਨੂੰ ਅੱਠ ਤੋਂ ਵੱਧ ਵਾਰ ਈਮੇਲ ਰਾਹੀਂ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਾਲਾਂਕਿ, ਇਸ ਮਾਮਲੇ ਦੇ ਮੁੱਖ ਦੋਸ਼ੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਆਪਣੇ ਆਈਪੀ ਐਡਰੈੱਸ ਵਾਰ-ਵਾਰ ਬਦਲ ਰਹੇ ਹਨ। ਮੁੱਖ ਮੰਤਰੀ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵੀ ਵਧਾਉਣਗੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਸਕਦੇ ਹਨ।
ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਦੇ ਇੱਕ ਇੰਜੀਨੀਅਰ ਸ਼ੁਭਮ ਦੂਬੇ ਨੂੰ ਸਾਈਬਰ ਸੈੱਲ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪਰ ਪੂਰੇ ਮਾਮਲੇ ਵਿੱਚ ਮੁੱਖ ਦੋਸ਼ੀ ਅਤੇ ਈਮੇਲ ਭੇਜਣ ਵਾਲੇ ਲੋਕਾਂ ਦਾ ਪਤਾ ਨਹੀਂ ਲੱਗ ਸਕਿਆ। ਸ਼ੁਭਮ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ, ਉਸਦਾ ਲੈਪਟਾਪ ਅਤੇ ਮੋਬਾਈਲ ਕਬਜ਼ੇ ਵਿੱਚ ਹੈ। ਬਹੁਤੀ ਜਾਣਕਾਰੀ ਉਪਲਬਧ ਨਹੀਂ ਹੈ।
SGPC ਨੂੰ ਮਿਲ ਰਹੇ ਧਮਕੀ ਭਰੇ ਪੱਤਰ
ਜ਼ਿਕਰਯੋਗ ਹੈ ਕਿ ਪਿਛਲੇ ਸੋਮਵਾਰ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਆਰਡੀਐਕਸ ਦੀ ਵਰਤੋਂ ਕਰਕੇ ਉਡਾਉਣ ਦੀਆਂ ਧਮਕੀਆਂ ਲਗਾਤਾਰ ਮਿਲ ਰਹੀਆਂ ਹਨ।
ਪਿਛਲੇ ਸ਼ੁੱਕਰਵਾਰ ਨੂੰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਸੀ ਕਿ ਉਹ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੇ ਈਮੇਲ ਭੇਜਣ ਦੇ ਪਿੱਛੇ ਦੇ ਉਦੇਸ਼ ਤੋਂ ਜਾਣੂ ਨਹੀਂ ਹਨ ਅਤੇ ਉਨ੍ਹਾਂ ਨੂੰ ਇਹ ਈਮੇਲ ਲਗਭਗ ਪੰਜ ਦਿਨਾਂ ਤੋਂ ਮਿਲ ਰਹੇ ਹਨ।
ਐਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੇ ਈਮੇਲ ਭੇਜੇ ਚਾਰ-ਪੰਜ ਦਿਨ ਹੋ ਗਏ ਹਨ। ਸਾਨੂੰ ਇਨ੍ਹਾਂ ਈਮੇਲਾਂ ਦੇ ਪਿੱਛੇ ਦਾ ਮਕਸਦ ਨਹੀਂ ਪਤਾ, ਪਰ ਪੁਲਿਸ ਕਮਿਸ਼ਨਰ ਦੇ ਅਨੁਸਾਰ, ਸ਼ੁਭਮ ਦੂਬੇ ਨਾਮ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।