ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਨਗਰ ਕੀਰਤਨ ਦੇ ਰਸਤੇ ‘ਚ ਮੀਟ-ਸ਼ਰਾਬ ਦੀਆਂ ਦੁਕਾਨਾਂ 13 ਅਤੇ 15 ਨਵੰਬਰ ਨੂੰ ਬੰਦ ਰੱਖਣ ਦੇ ਹੁਕਮ
ਕਪੂਰਥਲਾ, 13 ਨਵੰਬਰ 2024 – ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ 13 ਨਵੰਬਰ ਨੂੰ ਫਗਵਾੜਾ ਵਿਖੇ ਨਗਰ ਕੀਰਤਨ ਦੇ ਰੂਟ ‘ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ 15 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਫਗਵਾੜਾ ਸਬ-ਡਵੀਜ਼ਨ ਵਿੱਚ ਧਾਰਮਿਕ ਸਥਾਨਾਂ ਨੇੜੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਹਰ ਸਾਲ ਦੀ ਤਰ੍ਹਾਂ ਸ਼ਹਿਰ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਕੱਢਿਆ ਗਿਆ। ਸੰਗਤਾਂ ਵੱਲੋਂ ਨਗਰ ਕੀਰਤਨ ਦੇ ਵਿੱਚ ਆਈ ਸੰਗਤ ਨੂੰ ਚਾਹ-ਪਾਣੀ ਦਾ ਲੰਗਰ ਵੀ ਵਰਤਾਇਆ ਜਾ ਰਿਹਾ ਹੈ।
ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਪਿੱਛੇ ਵਾਹਿਗੁਰੂ ਦਾ ਜਾਪ ਕਰਦੀਆਂ ਜਾ ਰਹੀਆਂ ਸਨ। ਬਜ਼ੁਰਗ-ਬੱਚੇ-ਨੌਜਵਾਨਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਗਈ। ਗੱਤਕਾ ਪਾਰਟੀਆਂ ਵੱਲੋਂ ਆਪਣੇ ਕਰਤੱਬ ਦਿਖਾਏ ਗਏ। ਰਾਗੀ-ਢਾਡੀ ਵੱਲੋਂ ਸੰਗਤਾਂ ਨੂੰ ਕਿਰਤ ਰਾਹੀਂ ਨਿਹਾਲ ਕੀਤਾ ਗਿਆ ਅਤੇ ਹਜ਼ਾਰਾਂ ਹੀ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਆਪਣਾ ਸੀਸ ਨਿਵਾ ਕੇ ਮੱਥਾ ਟੇਕਿਆ ਗਿਆ।
ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਇਸ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ ਗਈ ਅਤੇ ਸੰਗਤਾਂ ਪੈਦਲ ਹੀ ਚੱਲ ਰਹੀਆਂ ਸਨ। ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇਹ ਨਗਰ ਕੀਰਤਨ ਸਜਾਇਆ ਜਾਂਦਾ ਹੈ।