ਰਿਟਾਇਰਮੈਂਟ ਤੋਂ ਬਾਅਦ ਅਗਨੀਵੀਰਾਂ ਨੂੰ ਨੌਕਰੀ ਦੇਵੇਗੀ ਪੰਜਾਬ ਸਰਕਾਰ
ਚੰਡੀਗੜ੍ਹ,14 ਨਵੰਬਰ 2024 – ਅਗਨੀਵੀਰਾਂ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਰਿਟਾਇਰਮੈਂਟ ਤੋਂ ਬਾਅਦ ਅਗਨੀਵੀਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਇਸਦੀ ਜਾਣਕਾਰੀ ‘ਆਪ’ ਵਿਧਾਇਕਾ ਜੀਵਨ ਜੋਤੀ ਕੌਰ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਿਟਾਇਰਮੈਂਟ ਤੋਂ ਬਾਅਦ ਅਗਨੀਵੀਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਨੂੰ ਲੈ ਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ 2027 ਵਿੱਚ ਸੇਵਾਮੁਕਤ ਹੋਣ ਵਾਲੇ 800 ਫਾਇਰ ਫਾਈਟਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਅਗਨੀਵੀਰ ਜਵਾਨਾਂ ਨੂੰ ਸੇਵਾ-ਮੁਕਤੀ ਤੋਂ ਬਾਅਦ ਨੌਕਰੀਆਂ ਦੇਵੇਗੀ। ਮੋਹਿੰਦਰ ਭਗਤ ਮੰਗਲਵਾਰ ਨੂੰ ਪਟਿਆਲਾ ਵਿਖੇ ‘ਪੰਜਾਬ ਸਰਕਾਰ ਆਪ ਦੇ ਦੁਆਰ’ ਤਹਿਤ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣਨ ਪੁੱਜੇ ਹੋਏ ਸਨ। ਇਸ ਮੌਕੇ ਭਗਤ ਨੇ ਕਿਹਾ ਕਿ ਸਾਲ 2027 ‘ਚ 800 ਅਗਨੀਵੀਰਾਂ ਦਾ ਪਹਿਲਾ ਬੈਚ ਸੇਵਾ-ਮੁਕਤ ਹੋ ਕੇ ਪੰਜਾਬ ਵਾਪਸ ਆਵੇਗਾ ਪਰ ਉਨ੍ਹਾਂ ਨੂੰ ਸਾਬਕਾ ਸੈਨਿਕਾਂ ਦੇ ਲਾਭ ਨਹੀਂ ਮਿਲਣਗੇ। ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਰਿਟਾਇਰਮੈਂਟ ਤੋਂ ਬਾਅਦ ਨੌਕਰੀਆਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਪੰਜਾਬ ‘ਚ ਰਿਟਾਇਰ ਹੋ ਕੇ ਆਏ ਅਗਨੀਵੀਰਾਂ ਨੂੰ ਰਾਹਤ ਮਿਲੇਗੀ, ਕਿਉਂਕਿ ਉਨ੍ਹਾਂ ਨੂੰ ਰਿਟਾਇਰਮੈਂਟ ਹੋਣ ਤੋਂ ਬਾਅਦ ਰੁਜ਼ਗਾਰ ਦੀ ਚਿੰਤਾ ਨਹੀਂ ਰਹੇਗੀ।