ਮੁੜ ਵਿਵਾਦਾਂ ‘ਚ ਸਾਬਕਾ CM ਚਰਨਜੀਤ ਸਿੰਘ ਚੰਨੀ, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
ਚੰਡੀਗੜ੍ਹ, 18 ਨਵੰਬਰ 2024 – ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਗਿੱਦੜਬਾਹਾ ’ਚ ਚੋਣ ਪ੍ਰਚਾਰ ਦੌਰਾਨ ਔਰਤਾਂ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਕਾਰਵਾਈ ਦੀ ਮੰਗ ’ਤੇ ਪੰਜਾਬ ਮਹਿਲਾ ਕਮਿਸ਼ਨ ਨੇ ਅੱਜ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੋਵਾਂ ਪਾਰਟੀਆਂ ਵਲੋਂ ਇਲਜ਼ਾਮ ਲਾਇਆ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਵਲੋਂ ਔਰਤਾਂ ’ਤੇ ਵਿਵਾਦਤ ਟਿੱਪਣੀਆਂ ਕੀਤੀਆਂ ਗਈਆਂ ਹਨ। ਇਸ ਸੰਬੰਧੀ ਚਰਨਜੀਤ ਸਿੰਘ ਚੰਨੀ ਦੀ ਵੀਡੀਓ ਵੀ ਵਾਇਰਲ ਹੋਈ ਸੀ। ਸ਼੍ਰੋਮਣੀ ਅਕਾਲੀ ਦਲ ਸਮੇਤ ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਇਸ ਵੀਡੀਓ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਕੋਲੋਂ ਤੁਰੰਤ ਮੁਆਫ਼ੀ ਦੀ ਮੰਗ ਕੀਤੀ ਗਈ ਸੀ ਅਤੇ ਨਾਲ ਹੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ’ਤੇ ਹੁਣ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਪੰਜਾਬ ਮਹਿਲਾ ਕਮਿਸ਼ਨ ਵਲੋਂ ਸਪੱਸ਼ਟੀਕਰਨ ਦੇਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਮਹਿਲਾ ਕਮਿਸ਼ਨ ਨੇ ਕਿਹਾ ਕਿ ਚੰਨੀ ਦੀ ਵੀਡੀਓ ਸਾਰਿਆਂ ਨੇ ਦੇਖੀ ਹੈ, ਉਨ੍ਹਾਂ ਨੇ ਔਰਤਾਂ ਦੇ ਖ਼ਿਲਫ਼ ਗਲਤ ਟਿੱਪਣੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚੰਨੀ ਨੇ ਜਿਸ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਉਹ ਨਾ ਸਹਿਣਯੋਗ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੰਨੀ ਖਿਲਾਫ਼ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਵੀ ਨੋਟਿਸ ਲੈਣਾ ਚਾਹੀਦਾ ਹੈ। ਮਹਿਲਾ ਕਮਿਸ਼ਨ ਨੇ ਕਿਹਾ ਕਿ ਜੇਕਰ ਚੰਨੀ ਨੇ ਇਕ ਦਿਨ ਵਿਚ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਡੀ.ਜੀ.ਪੀ. ਨੂੰ ਪੱਤਰ ਲਿਖਿਆ ਜਾਵੇਗਾ। ਅਜਿਹੇ ’ਚ ਜੋ ਵੀ ਕਾਨੂੰਨੀ ਧਾਰਾ ਹੋਵੇਗੀ, ਉਹ ਸੰਸਦ ਮੈਂਬਰ ਚੰਨੀ ’ਤੇ ਲਗਾਈ ਜਾਵੇਗੀ।