ਭੁੱਖ ਹੜਤਾਲ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ ’ਚ ਲਏ ਜਗਜੀਤ ਸਿੰਘ ਡੱਲੇਵਾਲ

ਖਨੌਰੀ, 26 ਨਵੰਬਰ 2024 – ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਿਸਾਨਾਂ ਦੀਆਂ ਮੰਗਾਂ ਲਈ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਖਨੌਰੀ ਸਰਹੱਦ ਤੋਂ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ।
ਕਿਸਾਨ ਆਗੂ ਡੱਲੇਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਮੰਗਲਵਾਰ ਤੋਂ ਮਰਨ ਵਰਤ ਸ਼ੁਰੂ ਕਰਨਗੇ। ਡੱਲੇਵਾਲ ਨੇ ਕਿਹਾ ਸੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਪਹਿਲਾਂ ਹੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰ ਕੇ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕਰ ਚੁੱਕੇ ਹਨ।
ਕਿਸਾਨ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਧਰਨੇ ਲਾਏ ਹੋਏ ਹਨ, ਜਦੋਂ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਭੁੱਖ ਹੜਤਾਲ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਕੇ ਲੁਧਿਆਣਾ ਦੇ DMC ‘ਚ ਦਾਖ਼ਲ ਕਰਵਾਇਆ ਹੈ। ਜਾਣਕਾਰੀ ਮੁਤਾਬਕ ਇੱਥੇ ਉਨ੍ਹਾਂ ਦੇ ਟੈਸਟ ਕਰਵਾਏ ਜਾ ਰਹੇ ਹਨ ਤੇ ਟ੍ਰਾਮਾ ਸੈਂਟਰ ‘ਚ ਡੱਲੇਵਾਲ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਭੁੱਖ ਹੜਤਾਲ ਨੂੰ ਟਾਲਿਆ ਜਾ ਸਕੇ।
ਜਾਣਕਾਰੀ ਮੁਤਾਬਕ ਡੱਲੇਵਾਲ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚ ਰਹੇ ਹਨ ਜਿਨ੍ਹਾਂ ਨੂੰ ਚੈਕਿੰਗ ਤੋਂ ਬਾਅਦ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਡੱਲੇਵਾਲ ਨੂੰ ਰਾਤ ਕਰੀਬ 2:30 ਵਜੇ ਪੁਲਿਸ ਨੇ ਹਿਰਾਸਤ ‘ਚ ਲਿਆ। ਦਰਅਸਲ ਉਨ੍ਹਾਂ ਐਲਾਨ ਕੀਤਾ ਸੀ ਕਿ ਉਹ 26 ਨਵੰਬਰ ਨੂੰ ਭੁੱਖ ਹੜਤਾਲ ‘ਤੇ ਬੈਠਣਗੇ।
s0dy25