ਜ਼ਿਮਨੀ ਚੋਣ ਜਿੱਤਣ ਵਾਲੇ ‘ਆਪ’ ਦੇ ਤਿੰਨੇ ਵਿਧਾਇਕ ਮਿਲੇ CM ਭਗਵੰਤ ਮਾਨ ਨੂੰ
ਚੰਡੀਗੜ, 28 ਨਵੰਬਰ 2024 – ਪੰਜਾਬ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਬਣੇ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੇ ਚੰਡੀਗੜ੍ਹ ਮੁੱਖ ਮੰਤਰੀ ਨਿਵਾਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਮਾਨ ਨੇ ਤਿੰਨਾਂ ਵਿਧਾਇਕਾਂ ਨੂੰ ਜਿੱਤ ਲਈ ਵਧਾਈ ਦਿਤੀ ਅਤੇ ਉਨ੍ਹਾਂ ਨੂੰ ਜਨਤਾ ਲਈ ਕੰਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਸੰਦੇਸ਼ ਦਿਤਾ। ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਉਹ ਆਪੋ-ਅਪਣੇ ਵਿਧਾਨ ਸਭਾ ਹਲਕਿਆਂ ਵਿਚ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕਰਨ ਤਾਂ ਜੋ ਲੋਕਾਂ ਨੂੰ ਕਿਸੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।